ਨਵੇਂ ਮੁੱਖ ਮੰਤਰੀ 20 ਨੂੰ ਚੁੱਕਣਗੇ ਸਹੁੰ ਸੋਨੀਆ ਗਾਂਧੀ ਤੇ ਆਖਰੀ ਫ਼ੈਸਲਾ

by vikramsehajpal

ਦਿੱਲੀ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ’ਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਚੱਕਰ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ। ਇਸ ਬੈਠਕ ’ਚ ਹਰੀਸ਼ ਰਾਵਤ, ਅਜੇ ਮਾਕਨ ਤੇ 78 ਵਿਧਾਇਕ ਮੌਜੂਦ ਸਨ।

ਵਿਧਾਇਕ ਦਲ ਦੀ ਬੈਠਕ ’ਚ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕਾਂਗਰਸ ਹਾਈਕਮਾਨ ਸੋਨੀਆ ਤੇ ਰਾਹੁਲ ਗਾਂਧੀ ’ਤੇ ਛੱਡ ਦਿੱਤਾ ਗਿਆ । ਇਸ ਦਰਮਿਆਨ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਮਿਲੀ ਹੈ ਕਿ ਸੋਮਵਾਰ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਚੰਡੀਗੜ੍ਹ ਵਿਖੇ 3 ਵਜੇ ਆਯੋਜਿਤ ਕੀਤਾ ਜਾਵੇਗਾ। ਸੂਤਰਾਂ ਦੇ ਹਵਾਲੇ ਨਾ ਖ਼ਬਰ ਮਿਲੀ ਹੈ ਕਿ ਇਸ ਸਹੁੰ ਚੁੱਕ ਸਮਾਗਮ ’ਚ ਪੰਜ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।

ਹਾਈਕਮਾਨ ਫ਼ੈਸਲਾ ਕਰੇਗਾ ਕਿ ਮੁੱਖ ਮੰਤਰੀ ਦਾ ਤਾਜ ਕਿਸ ਦੇ ਸਿਰ ਸਜਦਾ ਹੈ। ਇਸ ਤੋਂ ਪਹਿਲਾਂ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਆਖਿਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ। ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ’ਚ ਚੱਲ ਰਹੇ ਕਾਟੋ-ਕਲੇਸ਼ ਨੂੰ ਨਿਬੇੜਨ ਲਈ ਹਾਈਕਮਾਨ ਨੇ ਅੱਜ ਸ਼ਾਮ 5 ਵਜੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ, ਇਸ ਤੋਂ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ।

ਜ਼ਿਕਰਯੋਗ ਹੈ ਕਿ ਕੈਪਟਨ ਤੋਂ ਨਾਰਾਜ਼ 40 ਵਿਧਾਇਕਾਂ ਨੇ ਪੱਤਰ ਲਿਖ ਕੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਸ਼ੁੱਕਰਵਾਰ ਵੱਡਾ ਫ਼ੈਸਲਾ ਲੈਂਦਿਆਂ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸ਼ੁੱਕਰਵਾਰ ਅੱਧੀ ਰਾਤ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਸੀ।

ਅਜੇ ਮਾਕਨ ਅਤੇ ਹਰੀਸ਼ ਚੌਧਰੀ ਨੂੰ ਵਿਧਾਇਕ ਦਲ ਦੀ ਬੈਠਕ ਲਈ ਆਬਜ਼ਰਵਰ ਬਣਾਇਆ ਗਿਆ ਅਤੇ ਦੋਵੇਂ ਆਗੂਆਂ ਨੂੰ ਚੰਡੀਗੜ੍ਹ ਮੀਟਿੰਗ ਵਿਚ ਸ਼ਮੂਲੀਅਤ ਕਰਨ ਦੀ ਡਿਊਟੀ ਲਗਾਈ ਗਈ।