ਨੌਜਵਾਨਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਕੈਬਨਿਟ ਮੀਟਿੰਗ ‘ਚ ਕੀਤਾ ਐਲਾਨ

by jaskamal

ਪੱਤਰ ਪ੍ਰੇਰਕ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਅਤੇ 1000 ਦੇ ਕਰੀਬ ਨਵੀਆਂ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ।


ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸਾਂਝੇ ਤੌਰ 'ਤੇ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਸੰਬੋਧਨ ਕੀਤਾ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਜਦੋਂ ਦੀ ਆਪ ਸਰਕਾਰ ਬਣੀ ਹੈ, ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਨੌਕਰੀਆਂ ਦੇਣ ਦੀ ਕਾਰਵਾਈ ਚੱਲ ਰਹੀ ਹੈ। ਇਸ ਦੇ ਤਹਿਤ ਹੁਣ ਤੱਕ ਸਾਢੇ 37 ਹਜ਼ਾਰ ਤੋਂ ਵੀ ਵੱਧ ਨੌਜਵਾਨ ਮੁੰਡੇ-ਕੁੜੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਇਸੇ ਤਹਿਤ ਵੱਖ-ਵੱਖ ਵਿਭਾਗਾਂ ਦੀਆਂ ਨੌਕਰੀਆਂ ਬਾਰੇ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਿਵਲ ਸਕੱਤਰੇਤ 'ਚ 106 ਨਵੀਆਂ ਕਲਰਕ ਦੀਆਂ ਪੋਸਟਾਂ ਨੂੰ ਭਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸੇ ਤਰ੍ਹਾਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ 'ਚ 440 ਨਵੀਆਂ ਪੋਸਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਕੁੱਲ ਮਿਲਾ ਕੇ ਵੱਖ-ਵੱਖ ਵਿਭਾਗਾਂ 'ਚ 1000 ਦੇ ਕਰੀਬ ਨਵੇਂ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਸਾਡੀ ਸਰਕਾਰ ਵਲੋਂ ਸਜ਼ਾ ਪੂਰੀ ਕਰ ਚੱਕੇ 10 ਕੈਦੀਆਂ ਦੀ ਰਿਹਾਈ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।