ਰੱਦ ਹੋਏ ਤਿੰਨੋਂ ਖੇਤੀਬਾੜੀ ਕਾਨੂੰਨ, ਰਾਸ਼ਟਰਪਤੀ ਨੇ ਵੀ ਲਾਈ ਮੋਹਰ

by jaskamal

ਨਿਊਜ਼ ਡੈਸਕ, ਨਵੀਂ ਦਿੱਲੀ : ਖੇਤੀਬਾੜੀ ਕਾਨੂੰਨ ਵਾਪਸੀ ਬਿੱਲ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਆਪਣੀ ਅੰਤਿਮ ਮੋਹਰ ਲਗਾ ਦਿੱਤੀ ਹੈ। ਇਸ ਨਾਲ ਤਿੰਨੋਂ ਖੇਤੀ ਕਾਨੂੰਨ ਰਸਮੀ ਤੌਰ 'ਤੇ ਰੱਦ ਕਰ ਦਿੱਤੇ ਗਏ ਹਨ। 29 ਨਵੰਬਰ ਨੂੰ ਸੰਸਦ ਦੇ ਦੋਵਾਂ ਸਦਨਾਂ 'ਚ ਖੇਤੀਬਾੜੀ ਐਕਟ ਨੂੰ ਰੱਦ ਕਰਨ ਲਈ ਇਕ ਬਿੱਲ ਪਾਸ ਕੀਤਾ ਗਿਆ ਸੀ। ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਹੀ ਦਿਨ ਸੋਮਵਾਰ ਨੂੰ ਲੋਕ ਸਭਾ ਤੇ ਰਾਜ ਸਭਾ 'ਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਬਿੱਲ ਪਾਸ ਕੀਤੇ ਗਏ। ਲੋਕ ਸਭਾ ਤੋਂ ਬਾਅਦ ਇਸ ਨੂੰ ਰਾਜ ਸਭਾ ਨੇ ਵੀ ਪਾਸ ਕਰ ਦਿੱਤਾ। ਸੰਸਦ ਮੈਂਬਰਾਂ ਦੇ ਭਾਰੀ ਹੰਗਾਮੇ ਦਰਮਿਆਨ ਬਿੱਲਾਂ ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਗਿਆ।

ਬਿੱਲ ਵਾਪਸ ਲਏ ਜਾਣ 'ਤੇ ਵਿਰੋਧੀ ਧਿਰ ਨੇ ਕਿਹਾ ਕਿ ਸਰਕਾਰ ਨੇ ਇਹ ਕਦਮ ਪੰਜ ਰਾਜਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਨੁਕਸਾਨ ਤੋਂ ਬਚਣ ਲਈ ਚੁੱਕਿਆ ਹੈ, ਜਦਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਆਪਣੇ ਬਿਆਨ 'ਚ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਯਕੀਨ ਦਿਵਾਉਣ 'ਚ ਕਾਮਯਾਬ ਨਹੀਂ ਹੋ ਸਕੀ, ਇਸ ਲਈ ਪ੍ਰਧਾਨ ਮੰਤਰੀ ਨੇ ਕਾਨੂੰਨ ਵਾਪਸ ਲੈਣ ਲਈ ਨੇਕੀ ਦਿਖਾਈ।

ਇਸ ਦੇ ਨਾਲ ਹੀ ਹੁਣ ਜਦੋਂ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ ਤਾਂ ਇਸ ਤੋਂ ਬਾਅਦ ਵੀ ਕਿਸਾਨ ਆਪਣਾ ਅੰਦੋਲਨ ਖਤਮ ਨਹੀਂ ਕਰ ਰਹੇ ਹਨ। ਹੁਣ ਕਿਸਾਨ ਸਰਕਾਰ ਤੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

ਖੇਤੀਬਾੜੀ ਐਕਟ ਨੂੰ ਵਾਪਸ ਲੈ ਕੇ ਸਰਕਾਰ ਨੇ ਪਰਾਲੀ ਸਾੜਨ ਨੂੰ ਵੀ ਅਪਰਾਧ ਦੀ ਸ਼੍ਰੇਣੀ ਵਿੱਚੋਂ ਬਾਹਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਕਿਸਾਨਾਂ ਨਾਲ ਗੱਲਬਾਤ ਦੀ ਤਿਆਰੀ ਵੀ ਕਰ ਲਈ ਹੈ। ਇਸ ਬਾਰੇ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ ਤੋਂ ਪੰਜ ਨਾਂ ਮੰਗੇ ਹਨ, ਜਿਨ੍ਹਾਂ ਦੀ ਕਮੇਟੀ ਘੱਟੋ-ਘੱਟ ਸਮਰਥਨ ਮੁੱਲ 'ਤੇ ਚਰਚਾ ਕਰਨ ਲਈ ਬਣਾਈ ਜਾ ਸਕਦੀ ਹੈ।

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ 4 ਦਸੰਬਰ ਨੂੰ ਹੋਵੇਗੀ, ਜਿਸ ਵਿੱਚ ਅੰਦੋਲਨ ਖਤਮ ਕਰਨ ਜਾਂ ਨਾ ਕਰਨ ਬਾਰੇ ਅੰਤਿਮ ਫੈਸਲਾ ਲਿਆ ਜਾ ਸਕਦਾ ਹੈ।

More News

NRI Post
..
NRI Post
..
NRI Post
..