ਢਾਕਾ (ਪਾਇਲ): ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਬੰਗਲਾਦੇਸ਼ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਖਾਸ ਕਰਕੇ ਇੱਕ ਹਿੰਦੂ ਨੌਜਵਾਨ ਦੀ ਭੀੜ ਵੱਲੋਂ ਕੀਤੀ ਗਈ ਹੱਤਿਆ (ਲਿੰਚਿੰਗ) 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ।
ਸਕੱਤਰ ਜਨਰਲ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਘੱਟ ਗਿਣਤੀਆਂ ਸਮੇਤ ਹਰ ਨਾਗਰਿਕ ਨੂੰ ਸੁਰੱਖਿਅਤ ਮਹਿਸੂਸ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਉਮੀਦ ਜਤਾਈ ਕਿ ਉੱਥੋਂ ਦੀ ਸਰਕਾਰ ਸਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬਣਦੀ ਕਾਰਵਾਈ ਕਰੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਮੈਮਨਸਿੰਘ ਵਿੱਚ 25 ਸਾਲਾ ਦੀਪੂ ਚੰਦਰ ਦਾਸ ਦੀ ਕਥਿਤ ਬੇਅਦਬੀ ਦੇ ਦੋਸ਼ ਵਿੱਚ ਭੀੜ ਵੱਲੋਂ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦੇ ਸਬੰਧ ਵਿੱਚ ਪੁਲਿਸ ਹੁਣ ਤੱਕ 12 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ਦੇ ਨਾਲ ਹੀ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮੁਖੀ ਵੋਲਕਰ ਤੁਰਕ ਨੇ ਪ੍ਰਦਰਸ਼ਨਕਾਰੀ ਆਗੂ ਸ਼ਰੀਫ਼ ਉਸਮਾਨ ਬਿਨ ਹਾਦੀ ਦੇ ਕਤਲ 'ਤੇ ਵੀ ਦੁੱਖ ਪ੍ਰਗਟ ਕਰਦਿਆਂ ਫਰਵਰੀ ਵਿੱਚ ਹੋਣ ਵਾਲੀਆਂ ਸੰਸਦੀ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਹਿੰਸਕ ਘਟਨਾਵਾਂ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
