ਜੇਤੂ ਸੰਸਦ ਮੈਂਬਰ ਪੰਜਾਬ ਅਤੇ ਪੰਜਾਬੀਆਂ ਦੀ ਨੁਮਾਇੰਦਗੀ ਦੀ ਜ਼ਿੰਮੇਵਾਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ: ਭਗਵੰਤ ਮਾਨ

by vikramsehajpal

ਚੰਡੀਗੜ੍ਹ (ਸਰਬ): ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਤਿੰਨੋਂ ਜੇਤੂ ਸੰਸਦ ਮੈਂਬਰਾਂ ਨਾਲ ਇੱਥੇ ਆਪਣੀ ਰਿਹਾਇਸ਼ ’ਤੇ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।

ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਲੋਕ ਸਭਾ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ (ਸੰਸਦ ਮੈਂਬਰਾਂ) ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। ਮੀਟਿੰਗ ਵਿੱਚ ਲੋਕ ਸਭਾ ਹਲਕਿਆਂ ਸੰਗਰੂਰ, ਹੁਸ਼ਿਆਰਪੁਰ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ‘ਆਪ’ ਵਿਧਾਇਕ ਤੇ ਚੇਅਰਮੈਨ ਵੀ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ‘ਆਪ’ ਦੇ ਗੜ੍ਹ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਜਦਕਿ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਜੇਤੂ ਰਹੇ ਹਨ।

ਮਾਨ ਨੇ ‘ਆਪ’ ਦੇ ਜੇਤੂ ਉਮੀਦਵਾਰਾਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੀ ਨੁਮਾਇੰਦਗੀ ਕਰਨ ਜਾ ਰਹੇ ਹਨ। ਇਸ ਲਈ ਉਹ ਹਮੇਸ਼ਾ ਸੰਸਦ ਵਿੱਚ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ‘ਆਪ’ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗੀ। ਉਨ੍ਹਾਂ ਕਿਹਾ,‘ਸੰਗਰੂਰ ਦੇ ਲੋਕਾਂ ਨੇ ਪੰਜਾਬ ਸਰਕਾਰ ਵਜੋਂ ਸਾਡੇ ਲੋਕ ਭਲਾਈ ਦੇ ਕੰਮਾਂ ਦਾ ਇਨਾਮ ਦੇਣ ਲਈ ਸਾਨੂੰ ਵੋਟਾਂ ਪਾਈਆਂ ਹਨ। ਅਸੀਂ ਲਗਾਤਾਰ ਲੋਕਾਂ ਦੀ ਸੇਵਾ ਕਰਦੇ ਰਹਾਂਗੇ।’

ਮਲਵਿੰਦਰ ਸਿੰਘ ਕੰਗ ਨੇ ਆਪਣੀ ਜਿੱਤ ਦਾ ਸਿਹਰਾ ‘ਆਪ’ ਲੀਡਰਸ਼ਿਪ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦਿੱਤਾ। ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਹੁਸ਼ਿਆਰਪੁਰ ਦੇ ਲੋਕਾਂ ਦੀ ਜਿੱਤ ਹੈ। ਹੁਸ਼ਿਆਰਪੁਰ ਦੇ ਹਰ ਵਾਲੰਟੀਅਰ ਅਤੇ ਆਗੂ ਦੀ ਟੀਮ ਦੇ ਯਤਨਾਂ ਸਦਕਾ ਉਨ੍ਹਾਂ ਨੇ ਭਾਜਪਾ ਨੂੰ ਉਨ੍ਹਾਂ ਦੇ ਗੜ੍ਹ ਵਿੱਚ ਹਰਾਇਆ।