ਅਕਾਲੀ ਦਲ ਤੇ ਕਾਂਗਰਸ ਵਿਚਾਲੇ ਹੋਵੇਗਾ 2022 ‘ਚ ਸਿੱਧਾ ਮੁਕਾਬਲਾ : ਮਜੀਠੀਆ

by vikramsehajpal

ਅੰਮ੍ਰਿਤਸਰ,(ਦੇਵ ਇੰਦਰਜੀਤ): ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਿਊੁਂਸੀਪਲ ਚੋਣਾਂ ਵਿਚ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਦੱਸਦਾ ਹੈ ਕਿ ਜਿਹੜੀ ਵੀ ਪਾਰਟੀ ਮਿਊਂਸੀਪਲ ਚੋਣਾਂ ਵਿਚ ਦੂਜੇ ਨੰਬਰ 'ਤੇ ਰਹਿੰਦੀ ਹੈ, ਉਹ ਹਮੇਸ਼ਾ ਵਿਧਾਨ ਸਭਾ ਚੋਣਾਂ ਜਿੱਤਦੀ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਮਾਝੇ ਦੇ ਲੋਕਾਂ ਦੇ ਕਾਂਗਰਸ ਪਾਰਟੀ ਤੇ ਇਨ੍ਹਾਂ ਦੀ ਸਰਕਾਰ ਵੱਲੋਂ ਵਿੱਢੇ ਸਰਕਾਰੀ ਦਮਨ ਵਿਰੁੱਧ ਡੱਟ ਕੇ ਖੜ੍ਹਨ ਲਈ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਚੋਣ ਜਿੱਤਣ ਲਈ ਕਿਸੇ ਦਾ ਧੰਨਵਾਦ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਤੇ ਸੂਬੇ ਦੇ ਮੁੱਖ ਸਕੱਤਰ ਵਿਨੀ ਮਹਾਜਨ ਦਾ ਧੰਨਵਾਦ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਉਨ੍ਹਾਂ ਦਾ ਧੰਨਵਾਦ ਕਰਨਗੇ ਕਿ ਉਨ੍ਹਾਂ ਨੇ ਰਲ ਕੇ ਮਿਊਂਸੀਪਲ ਚੋਣਾਂ ਵਿਚ ਕਾਂਗਰਸ ਦੀ ਜਿੱਤ ਯਕੀਨੀ ਬਣਾਈ।