ਮਾਂ ਵੈਸ਼ਨੋ ਦੇਵੀ ਦੀ ਯਾਤਰਾ ‘ਤੇ ਜਾਣ ਵਾਲਿਆਂ ਲਈ ਕੋਰੋਨਾ ਜਾਂਚ ਰਿਪੋਰਟ ਲਿਆਉਣੀ ਲਾਜ਼ਮੀ

by jaskamal

ਨਿਊਜ਼ ਡੈਸਕ (ਜਸਕਮਲ) : ਸ਼ਰਾਈਨ ਬੋਰਡ ਨੇ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਦੀ ਰਿਪੋਰਟ ਲੈ ਕੇ ਜਾਣ ਦੀ ਸ਼ਰਤ ਦੁਬਾਰਾ ਲਾਗੂ ਕਰ ਦਿੱਤੀ ਹੈ। ਹਾਲਾਂਕਿ ਕਟੜਾ ਤੇ ਹੋਰ ਥਾਵਾਂ 'ਤੇ ਸ਼ਰਧਾਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹੁਣ ਇਹ ਸ਼ਰਤ ਵੀ ਲਾਗੂ ਕਰ ਦਿੱਤੀ ਗਈ ਹੈ ਕਿ ਕੋਰੋਨਾ ਰਿਪੋਰਟ ਨਾਲ ਲੈ ਕੇ ਆਉਣਾ ਲਾਜ਼ਮੀ ਹੈ। ਦਰਅਸਲ, ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਲੋਕਾਂ ਦੀ ਗਿਣਤੀ, ਜੋ ਕੋਰੋਨਾ ਪਾਜ਼ੇਟਿਵ ਨਿਕਲਦੇ ਹਨ, ਲਗਾਤਾਰ ਵੱਧ ਰਹੀ ਹੈ। ਕੱਲ੍ਹ ਵੀ 48 ਤੋਂ ਵਧ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

ਹੈਰਾਨੀ ਦੀ ਗੱਲ ਇਹ ਹੈ ਕਿ ਪ੍ਰਦੇਸ਼ ਦੇ ਬਾਹਰ ਤੋਂ ਆਉਣ ਵਾਲੇ ਜੋ ਲੋਕ ਕੋਰੋਨਾ ਪਾਜ਼ੇਟਿਵ ਨਿਕਲ ਰਹੇ ਹਨ ਪ੍ਰਸ਼ਾਸਨ ਉਨ੍ਹਾਂ ਨੂੰ ਕੁਆਰੰਟਾਈਨ ਕਰਨ ਦੀ ਥਾਂ ਉਨ੍ਹਾਂ ਨੂੰ ਵਾਪਸ ਆਪਣੇ ਘਰਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। ਸੀਨੀਅਰ ਅਧਿਕਾਰੀ ਕਹਿੰਦੇ ਹਨ ਕਿ ਉਹ ਅਜਿਹਾ ਸੂਬਾ ਪ੍ਰਸ਼ਾਸਨ ਵੱਲੋਂ ਤੈਅ ਕੀਤੇ ਗਏ ਨਿਯਮਾਂ ਤਹਿਤ ਕਰ ਰਹੇ ਹਨ। ਕਸ਼ਮੀਰ 'ਚ ਕਰੀਬ 28 ਰੈੱਡ ਜ਼ੋਨ ਐਲਾਨ ਕੀਤੇ ਜਾ ਚੁੱਕੇ ਹਨ। ਜੰਮੂ ਵਿਚ ਵੀ ਇਕ ਇਲਾਕੇ ਨੂੰ ਸੀਲ ਕੀਤਾ ਗਿਆ ਹੈ।