31 ਮਾਰਚ ਨੂੰ ਕਰਵਾਈ ਜਾ ਰਹੀ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਹਜ਼ਾਰਾਂ ਖਿਡਾਰੀ ਅਤੇ ਜ਼ਿਲਾ ਵਾਸੀ ਦੌੜ ਵਿਚ ਲੈਣਗੇ ਹਿੱਸਾ
ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਮੂਹ ਜ਼ਿਲਿਆਂ ਵਿਚ ਕਰਵਾਈ ਜਾ ਰਹੀ ਮਿੰਨੀ ਮੈਰਾਥਨ ਦੇ ਤਹਿਤ ਜ਼ਿਲਾ ਕਪੂਰਥਲਾ ਵਿਚ ਵੀ 31 ਮਾਰਚ ਨੂੰ ਇਕ ਵਿਸ਼ਾਲ ਮੈਰਾਥਨ ਕਰਵਾਈ ਜਾਵੇਗੀ। ਇਸ ਮਿੰਨੀ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨਾਂ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ ਇਸ ਦੌੜ ਵਿਚ ਹਜ਼ਾਰਾਂ ਖਿਡਾਰੀ ਅਤੇ ਜ਼ਿਲਾ ਵਾਸੀ ਹਿੱਸਾ ਲੈਣਗੇ। ਉਨਾਂ ਕਿਹਾ ਕਿ ਇਹ ਦੌੜ ਲੋਕਾਂ ਵਿਚ ਵੋਟਰ ਜਾਗਰੂਕਤਾ ਅਤੇ ਸਿਹਤ ਪ੍ਰਤੀ ਚਤੰਨਤਾ ਪੈਦਾ ਕਰੇਗੀ।
ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਦੌੜ ਵਿਚ ਜ਼ਿਲਾ ਵਾਸੀਆਂ, ਵਿਦਿਆਰਥੀਆਂ, ਵਿਭਾਗਾਂ ਅਤੇ ਸੰਸਥਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਇਹ ਦੌੜ 5 ਅਤੇ 10 ਕਿਲੋਮੀਟਰ ਦੀ ਹੋਵੇਗੀ। ਉਨਾਂ ਹਦਾਇਤ ਕੀਤੀ ਕਿ ਮੈਰਾਥਨ ਵਾਲਾ ਰਸਤਾ ਪੂਰੀ ਤਰਾਂ ਸਾਫ ਹੋਵੇ ਅਤੇ ਟ੍ਰੈਫਿਕ ਅਤੇ ਪਾਰਕਿੰਗ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ। ਇਸੇ ਤਰਾਂ ਦੌੜ ਵਿਚ ਹਿੱਸਾ ਲੈਣ ਵਾਲਿਆਂ ਲਈ ਪਾਣੀ, ਰਿਫਰੈਸ਼ਮੈਂਟ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਮੈਰਾਥਨ ਦੇ ਰਸਤੇ ਉੱਪਰ ਵਿਸ਼ੇਸ਼ ਚਿੰਨ ਲਗਾਏ ਜਾਣ। ਉਨਾਂ ਕਿਹਾ ਕਿ ਇਸ ਮੈਰਾਥਨ ਦੇ ਜੇਤੂਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਣਗੇ। ਉਨਾਂ ਕਿਹਾ ਕਿ ਇਸ ਦੌੜ ਵਿਚ ਜ਼ਿਲੇ ਦਾ ਕੋਈ ਵੀ ਨਾਗਰਿਕ ਹਿੱਸਾ ਲੈ ਸਕਦਾ ਹੈ।
ਉਨਾਂ ਕਿਹਾ ਕਿ ਇਸ ਦੌੜ ਦਾ ਮਕਸਦ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ, ਕਿਉਂਕਿ ਸਿਹਤ ਨਾਲ ਹੀ ਸਭ ਕੁਝ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਡੀ. ਐਸ. ਪੀ ਡਾ. ਮੁਕੇਸ਼, ਜ਼ਿਲਾ ਖੇਡ ਅਫ਼ਸਰ ਸ੍ਰੀਮਤੀ ਸਤਿੰਦਰਪਾਲ ਕੌਰ, ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਪ੍ਰੀਤ ਕੋਹਲੀ, ਡੀ. ਈ. ਓ ਸ. ਮੱਸਾ ਸਿੰਘ ਤੇ ਸ. ਸਤਿੰਦਰ ਬੀਰ ਸਿੰਘ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਨਹਿਰੂ ਯੁਵਾ ਕੇਂਦਰ ਤੋਂ ਮੈਡਮ ਅਮਨਦੀਪ ਕੌਰ, ਪ੍ਰੋ. ਸਰਬਜੀਤ ਸਿੰਘ ਧੀਰ, ਸ. ਦਵਿੰਦਰ ਪਾਲ ਸਿੰਘ ਆਹੂਜਾ, ਸ੍ਰੀ ਗੁਰਮੁਖ ਸਿੰਘ ਢੋਡ, ਸ੍ਰੀ ਗੁਰਬਚਨ ਸਿੰਘ ਬੰਗੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਖੇਡ ਕੋਚ ਹਾਜ਼ਰ ਸਨ।



