ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (14 August 2020)

by

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਸ਼ੁੱਕਰਵਾਰ, ੩੦ ਸਾਵਣ (ਸੰਮਤ ੫੫੨ ਨਾਨਕਸ਼ਾਹੀ) ਅੰਗ: ੭੧੧ ਪੰਜਾਬੀ ਵਿਆਖਿਆ - ਟੋਡੀ ਮਹਲਾ ੫ ॥ ਹੇ ਭਾਈ ! ਪਰਮਾਤਮਾ ਦੇ ਨਾਮ ਨੂੰ ਭੁਲਾਇਆਂ ਸਦਾ ਮਾਇਆ ਦੇ ਹੱਥੋਂ ਮਨੁੱਖ ਦੀ ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜਿੰਦਗੀ ਗੁਜ਼ਾਰਨੀ ਹੈ, ਉਹ ਇਉ ਹੀ ਹੁੰਦੀ ਹੈ, ਜਿਵੇਂ ਸੱਪ ਆਪਣੀ ਉਮਰ ਗੁਜ਼ਾਰਦਾ ਹੈ, ਉਮਰ ਭਾਵੇ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਰ ਪੈਦਾ ਕਰਦਾ ਰਹਿੰਦਾ ਹੈ। ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ ! ਆਖ-ਹੇ ਭਾਈ ! ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ, ਜਿਸ ਉੱਤੇ ਹਰੀ ਨੇ ਮਿਹਰ ਕੀਤੀ ਹੈ । ਉਹ ਮਨੁੱਖ ਸਦਾ ਸੁਖੀ ਜੀਵਨ ਬਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ।੨।੨।