ਅੱਜ ਦਾ ਹੁਕਮਨਾਮਾ; ਐਤਵਾਰ, ੯ ਫੱਗਣ (ਸੰਮਤ ੫੫੩ ਨਾਨਕਸ਼ਾਹੀ)

by jaskamal

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ 

ਅਰਥ : ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ।