ਅੱਜ ਦਾ ਹੁਕਮਨਾਮਾ; ਵੀਰਵਾਰ, ੨੩ ਪੋਹ (ਸੰਮਤ ੫੫੩ ਨਾਨਕਸ਼ਾਹੀ)

by jaskamal

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ। ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ ॥੧॥ (ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ। ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ॥੨॥