ਅਮਰੀਕਾ ਨੇ ਸ਼ਹਿਬਾਜ਼ ਸ਼ਰੀਫ ਨੂੰ PM ਬਣਨ ‘ਤੇ ਦਿੱਤੀ ਵਧਾਈ, ਨਾਲ ਕੰਮ ਕਰਨ ਦੀ ਜਤਾਈ ਇੱਛਾ

by jaskamal

ਨਿਊਜ਼ ਡੈਸਕ : ਅਮਰੀਕਾ ਨੇ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਤੇ ਕਿਹਾ ਕਿ ਉਹ ਉਨ੍ਹਾਂ ਨਾਲ ਕੰਮ ਕਰਨ ਲਈ ਉਤਸੁਕ ਹਨ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਪਿਛਲੇ 75 ਸਾਲਾਂ ਤੋਂ ਆਪਸੀ ਹਿੱਤਾਂ ਦੇ ਵੱਖ-ਵੱਖ ਖੇਤਰਾਂ 'ਚ ਇਕ ਮਹੱਤਵਪੂਰਨ ਭਾਈਵਾਲ ਰਿਹਾ ਹੈ ਤੇ ਅਮਰੀਕਾ ਪਾਕਿਸਤਾਨ ਨਾਲ ਆਪਣੇ ਸਬੰਧਾਂ ਨੂੰ ਮਹੱਤਵ ਦਿੰਦਾ ਹੈ।

ਬਲਿੰਕਨ ਨੇ ਇਕ ਬਿਆਨ 'ਚ ਕਿਹਾ ਕਿ ਅਮਰੀਕਾ ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵਧਾਈ ਦਿੰਦਾ ਹੈ। ਅਸੀਂ ਪਾਕਿਸਤਾਨ ਸਰਕਾਰ ਦੇ ਨਾਲ ਆਪਣੇ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਨੂੰ ਜਾਰੀ ਰੱਖਣ ਦੀ ਉਮੀਦ ਕਰਦੇ ਹਾਂ। ਸ਼ਰੀਫ ਦੇ ਇਮਰਾਨ ਖਾਨ ਦੀ ਜਗ੍ਹਾ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਬਣਨ ਦੇ ਕੁਝ ਦਿਨਾਂ ਬਾਅਦ ਅਮਰੀਕਾ ਨੇ ਇਹ ਬਿਆਨ ਜਾਰੀ ਕੀਤਾ ਹੈ।ਬਲਿੰਕਨ ਨੇ ਕਿਹਾ ਕਿ ਅਮਰੀਕਾ ਇੱਕ ਮਜ਼ਬੂਤ, ਖੁਸ਼ਹਾਲ ਅਤੇ ਲੋਕਤੰਤਰੀ ਪਾਕਿਸਤਾਨ ਨੂੰ ਦੋਵਾਂ ਦੇਸ਼ਾਂ ਦੇ ਹਿੱਤਾਂ ਲਈ ਜ਼ਰੂਰੀ ਸਮਝਦਾ ਹੈ। ਜ਼ਿਕਰਯੋਗ ਹੈ ਕਿ 9 ਅਪ੍ਰੈਲ ਨੂੰ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿਚ ਬੇਭਰੋਸਗੀ ਮਤੇ 'ਤੇ ਹੋਈ ਵੋਟਿੰਗ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵਿਰੋਧੀ ਧਿਰ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।