ਪੰਜਾਬ ‘ਚ ਵੀਕੈਂਡ ਤੇ ਨਾਈਟ ‘ਕਰਫ਼ਿਊ’ ਖ਼ਤਮ

by vikramsehajpal

ਜਲੰਧਰ (ਦੇਵ ਇੰਦਰਜੀਤ) : ਸੂਬੇ ਵਿੱਚ ਕੋਵਿਡ ਦੀ ਪਾਜ਼ੇਟੀਵਿਟੀ ਦਰ ਘਟ ਕੇ 0.4 ਫ਼ੀਸਦੀ ਆਉਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵੀਕੈਂਡ ਅਤੇ ਰਾਤ ਦੇ ਕਰਫ਼ਿਊ ਨੂੰ ਹਟਾਉਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਸੋਮਵਾਰ ਤੋਂ ਅੰਦਰੂਨੀ ਇਕੱਠਾਂ ਵਿੱਚ 100 ਵਿਅਕਤੀਆਂ ਅਤੇ ਖੁੱਲ੍ਹੇ ਵਿੱਚ 200 ਵਿਅਕਤੀਆਂ ਦੇ ਇਕੱਠ ਕਰਨ ਦੀ ਵੀ ਇਜਾਜ਼ਤ ਦਿੱਤੀ। ਡੀ. ਜੀ. ਪੀ. ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਕਰ ਕੇ ਰੈਲੀਆਂ ਤੇ ਰੋਸ ਮੀਟਿੰਗਾਂ ਕਰਨ ਵਾਲੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਚਲਾਨ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਭਾਵੇਂ ਕਿ ਆਸ ਪ੍ਰਗਟਾਈ ਕਿ ਸਿਆਸੀ ਪਾਰਟੀਆਂ ਅਤੇ ਆਗੂਆਂ ਵੱਲੋਂ ਚੰਗਾ ਵਰਤਾਰਾ ਦਿਖਾਇਆ ਜਾਵੇਗਾ ਪਰ ਉਨ੍ਹਾਂ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਪ੍ਰੋਟੋਕਾਲ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾਅ, ਤੈਰਾਕੀ ਪੂਲ, ਜਿੰਮ, ਮਾਲ, ਖੇਡ ਕੰਪਲੈਕਸ, ਮਿਊਜ਼ੀਅਮ, ਚਿੜੀਆਘਰ ਆਦਿ ਖੋਲ੍ਹਣ ਦੇ ਵੀ ਹੁਕਮ ਕੀਤੇ, ਬਸ਼ਰਤੇ ਸਾਰੇ ਯੋਗ ਸਟਾਫ਼ ਮੈਂਬਰ ਅਤੇ ਇੱਥੇ ਆਉਣ ਵਾਲੇ ਲੋਕਾਂ ਦੇ ਟੀਕੇ ਦੀ ਘੱਟੋ-ਘੱਟ ਇਕ ਖ਼ੁਰਾਕ ਜ਼ਰੂਰ ਲੱਗੀ ਹੋਵੇ।

ਸਕੂਲ ਭਾਵੇਂ ਨਿਰੰਤਰ ਬੰਦ ਰਹਿਣਗੇ ਪਰ ਕਾਲਜਾਂ, ਕੋਚਿੰਗ ਸੈਂਟਰਾਂ ਤੇ ਹੋਰ ਉਚੇਰੀ ਸਿੱਖਿਆ ਵਾਲੀਆਂ ਸੰਸਥਾਵਾਂ ਨੂੰ ਸਬੰਧਿਤ ਡਿਪਟੀ ਕਮਿਸ਼ਨਰਾਂ ਵੱਲੋਂ ਖੋਲ੍ਹਣ ਦੀ ਮਨਜ਼ੂਰੀ ਹੋਵੇਗੀ, ਬਸ਼ਰਤੇ ਉਨ੍ਹਾਂ ਨੂੰ ਸਰਟੀਫਿਕੇਟ ਦੇਣਾ ਪਵੇਗਾ ਕਿ ਸਾਰੇ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦੇ ਦੋ ਹਫ਼ਤੇ ਪਹਿਲਾਂ ਟੀਕਾਕਰਨ ਦੀ ਘੱਟੋ-ਘੱਟ ਇਕ ਖ਼ੁਰਾਕ ਜ਼ਰੂਰ ਲੱਗੀ ਹੋਵੇ। ਕੋਵਿਡ ਦੀ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 20 ਜੁਲਾਈ ਨੂੰ ਕੋਵਿਡ ਦੇ ਹਾਲਾਤ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਛੋਟ ਦਿੰਦਿਆਂ ਹਰ ਹਾਲ ਵਿੱਚ ਮਾਸਕ ਦੀ ਵਰਤੋਂ ਸਖ਼ਤੀ ਨਾਲ ਕੀਤੀ ਜਾਵੇ। ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਚਾਰ ਜ਼ਿਲ੍ਹਿਆਂ ਵਿੱਚ ਪਾਜ਼ੇਟੀਵਿਟੀ ਦਰ ਇਕ ਫ਼ੀਸਦੀ ਜਾਂ ਇਸ ਤੋਂ ਘੱਟ ਹੈ ਪਰ ਹਾਲੇ ਵੀ ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਚੌਕਸੀ ਵਰਤਣ ਦੀ ਲੋੜ ਹੈ।

More News

NRI Post
..
NRI Post
..
NRI Post
..