ਚੰਡੀਗੜ੍ਹ (ਪਾਇਲ): ਹਰਿਆਣਾ ਸਰਕਾਰ ਨੇ ਸੜਕਾਂ ਜਾਮ ਕਰਕੇ ਪ੍ਰਦਰਸ਼ਨ ਕਰਨ ਵਾਲਿਆਂ ਖਿਲਾਫ ਸਖਤ ਰੁਖ ਅਪਣਾਇਆ ਹੈ। ਗ੍ਰਹਿ ਸਕੱਤਰ ਡਾ: ਸੁਮਿਤਾ ਮਿਸ਼ਰਾ ਨੇ ਪੁਲਿਸ ਪ੍ਰਸ਼ਾਸਨ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਕਿਸੇ ਵੀ ਹਾਲਤ 'ਚ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਸੜਕਾਂ, ਹਾਈਵੇ ਜਾਂ ਜਨਤਕ ਸੜਕਾਂ 'ਤੇ ਜਾਮ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਆਮ ਲੋਕਾਂ ਨੂੰ ਭਾਰੀ ਅਸੁਵਿਧਾ ਹੁੰਦੀ ਹੈ ਅਤੇ ਟਰੈਫਿਕ ਵਿਵਸਥਾ ਵਿੱਚ ਵਿਘਨ ਪੈਂਦਾ ਹੈ। ਗ੍ਰਹਿ ਸਕੱਤਰ ਨੇ ਸਾਰੇ ਪੁਲਿਸ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਥਾਵਾਂ 'ਤੇ ਵਿਸ਼ੇਸ਼ ਚੌਕਸੀ ਰੱਖਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅਮਨ-ਕਾਨੂੰਨ ਬਣਾਈ ਰੱਖਣਾ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਹਾਲਤ ਵਿੱਚ ਜਨਤਕ ਵਿਵਸਥਾ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।



