ਖਡੂਰ ਸਾਹਿਬ : ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਸਰਲੀ ਕਲਾਂ 'ਚ ਐਤਵਾਰ ਨੂੰ ਵੋਟ ਪਾਉਣ ਨੂੰ ਲੈ ਕੇ ਇਕ ਨੌਜਵਾਨ ਨੂੰ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਇਹ ਕਤਲ ਵੋਟਾਂ ਨੂੰ ਲੈ ਕੇ ਨਹੀਂ, ਬਲਕਿ ਰੰਜਿਸ਼ਨ ਕੀਤਾ ਗਿਆ ਹੈ।ਚਰਨਜੀਤ ਸਿੰਘ ਵਾਸੀ ਸਰਲੀ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਬੰਟੀ ਸਿੰਘ ਵੋਟ ਪਾਉਣ ਲਈ ਪੋਲਿੰਗ ਸਟੇਸ਼ਨ 'ਤੇ ਜਾ ਰਿਹਾ ਸੀ ਕਿ ਇਸ ਦੌਰਾਨ ਪਿੰਡ ਦੇ ਹੀ ਨੌਜਵਾਨ ਯੋਧਬੀਰ ਸਿੰਘ ਸੁੱਖ , ਗੋਰਾ ਸਿੰਘ ਅਤੇ ਮਨਿੰਦਰ ਸਿੰਘ ਸੋਨੀ (ਤਿੰਨੋਂ ਭਰਾ) ਨਾਲ ਵੋਟ ਪਾਉਣ ਨੂੰ ਲੈ ਕੇ ਉਸ ਦਾ ਝਗੜਾ ਹੋ ਗਿਆ। ਝਗੜੇ ਦੌਰਾਨ ਯੋਧਬੀਰ ਸਿੰਘ ਨੇ ਬੰਟੀ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਵਾਰਦਾਤ ਦਾ ਪਤਾ ਲੱਗਣ 'ਤੇ ਮੌਕੇ 'ਤੇ ਪੁੱਜੇ ਤਰਨਤਾਰਨ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ, ਡੀਐੱਸਪੀ ਸਬ-ਡਵੀਜ਼ਨ ਤਰਨਤਾਰਨ ਕੰਵਲਜੀਤ ਸਿੰਘ, ਥਾਣਾ ਵੈਰੋਂਵਾਲ ਦੇ ਮੁਖੀ ਸ਼ਮਿੰਦਰਜੀਤ ਸਿੰਘ ਨੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨੋਂ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ। ਸ਼ਮਿੰਦਰਜੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਯੋਧਬੀਰ ਸਿੰਘ ਸੁੱਖ , ਗੋਰਾ ਸਿੰਘ ਅਤੇ ਮਨਿੰਦਰ ਸਿੰਘ ਸੋਨੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।ਐੱਸਐੱਸਪੀ ਕੁਲਦੀਪ ਸਿੰਘ ਚਾਹਲ ਦਾ ਕਹਿਣਾ ਹੈ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕਤਲ ਵੋਟਾਂ ਨੂੰ ਲੈ ਕੇ ਨਹੀਂ ਬਲਕਿ ਰੰਜਿਸ਼ਨ ਕੀਤਾ ਗਿਆ ਹੈ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਪਰਿਵਾਰ ਨੇ ਪਛਾਣਿਆ ਹੈ ਅਤੇ ਉਨ੍ਹਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਐਸਐਸਪੀ ਨੇ ਕਿਹਾ ਕਿ ਮੁਲਜਮ ਮੌਕੇ ਤੋਂ ਫਰਾਰ ਹਨ ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।



