ਜਲੰਧਰ (ਨੇਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੰਜਾਬ ਪੁਲਸ ਨੇ ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਹਮਲੇ ਦੇ ਮਾਮਲੇ 'ਚ ਇਕ ਹੋਰ ਗ੍ਰਿਫਤਾਰ ਕੀਤਾ ਹੈ। ਇਸ ਗ੍ਰਿਫ਼ਤਾਰੀ ਤੋਂ ਬਾਅਦ ਇਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 7 ਹੋ ਗਈ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਖ਼ੁਫ਼ੀਆ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਜਲੰਧਰ ਦਿਹਾਤੀ ਪੁਲਿਸ ਨੇ ਮਨਿੰਦਰ ਉਰਫ਼ ਬੌਬੀ ਵਾਸੀ ਅਲੀਚੱਕ, ਜਲੰਧਰ ਨੂੰ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ 15 ਅਤੇ 16 ਮਾਰਚ 2025 ਦੀ ਦਰਮਿਆਨੀ ਰਾਤ ਨੂੰ ਕੁਝ ਵਿਅਕਤੀਆਂ ਨੇ ਜਲੰਧਰ ਦੇ ਪਿੰਡ ਰਾਏਪੁਰ ਰਸੂਲਪੁਰ ਵਿੱਚ ਯੂਟਿਊਬਰ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਰੋਜਰ ਸੰਧੂ ਦੇ ਘਰ 'ਤੇ ਹਮਲਾ ਕਰ ਦਿੱਤਾ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮਨਿੰਦਰ ਨੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ ਅਤੇ ਉਸ ਨੇ ਇਹ ਹਥਿਆਰ ਮੁਲਜ਼ਮ ਰੋਹਿਤ ਬਸਰਾ ਨੂੰ ਦਿੱਤੇ ਸਨ। ਰੋਹਿਤ ਬਸਰਾ ਨੇ ਇਹ ਹਥਿਆਰ ਅੰਮ੍ਰਿਤਪ੍ਰੀਤ ਅਤੇ ਧੀਰਜ ਨੂੰ 8 ਮਾਰਚ ਨੂੰ ਜੰਡੂਸਿੰਘਾ ਵਿੱਚ ਮੁਹੱਈਆ ਕਰਵਾਏ ਸਨ।ਉਨ੍ਹਾਂ ਅੱਗੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਮਨਿੰਦਰ ਖ਼ਿਲਾਫ਼ ਅਸਲਾ ਐਕਟ ਤਹਿਤ ਪਹਿਲਾਂ ਵੀ ਕਈ ਕੇਸ ਦਰਜ ਹਨ।
ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਮਲ ਛੇ ਹੋਰ ਮੁਲਜ਼ਮਾਂ-ਅੰਮ੍ਰਿਤਪ੍ਰੀਤ ਸਿੰਘ ਉਰਫ਼ ਸੁੱਖਾ, ਹਾਰਦਿਕ ਕੰਬੋਜ, ਧੀਰਜ ਕੁਮਾਰ, ਸੰਤੋਸ਼ ਕੁਮਾਰ ਉਰਫ਼ ਪਾਂਡੇ, ਲਕਸ਼ਮੀ ਅਤੇ ਰੋਹਿਤ ਬਸਰਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਇਹ ਸਫਲਤਾ ਮਿਲੀ ਹੈ। ਪੁਲੀਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗਰਨੇਡ, ਦੋ .32 ਬੋਰ ਦੇ ਪਿਸਤੌਲ, ਕਾਰਤੂਸ ਅਤੇ ਤਿੰਨ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਜਲੰਧਰ ਦੇਹਾਤ ਦੇ ਐਸ.ਐਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਮਨਿੰਦਰ ਦੇ ਚੰਡੀਗੜ੍ਹ ਹਵਾਈ ਅੱਡੇ ’ਤੇ ਆਉਣ ਦੀ ਪੁਖਤਾ ਸੂਚਨਾ ਮਿਲਣ ’ਤੇ ਜਲੰਧਰ ਦਿਹਾਤੀ ਪੁਲੀਸ ਦੀਆਂ ਟੀਮਾਂ ਤੁਰੰਤ ਚੰਡੀਗੜ੍ਹ ਲਈ ਰਵਾਨਾ ਹੋ ਗਈਆਂ ਅਤੇ ਮੁਲਜ਼ਮ ਨੂੰ ਹਵਾਈ ਅੱਡੇ ’ਤੇ ਪਹੁੰਚਦਿਆਂ ਹੀ ਦੋਸ਼ੀ ਨੂੰ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ।



